ਛੱਪੜ ਕੰਢੇ ਬਹਿ ਕੇ
ਅਸਾਂ ਡੱਡੂ ਮਾਰਿਆ। ਧੰਨ ਬਾਬਾ ਧਿਆਨਾ ਜੀਹਨੇ ਕੰਮ ਸਾਰਿਆ।
ਕਵਿਤਾ ਦਾ ਇਹ ‘ਉਚ ਉਡਾਰੀ’ ਨਮੂਨਾ ਸੁਣ ਕੇ ਹਾਸਾ ਤਾਂ ਪੈਣਾ ਹੀ ਸੀ। ਸੰਤ ਜੀ ਹੌਲ਼ੀ ਹੌਲ਼ੀ
ਤਹੱਮਲ ਜਿਹੇ ਨਾਲ਼ ਇਸਤਰ੍ਹਾਂ ਭਾਸ਼ਨ ਕਰਿਆ ਕਰਦੇ ਸਨ ਕਿ ਉਹਨਾਂ ਦਾ ਆਖਿਆ ਜਨ ਸਾਧਾਰਨ ਦੇ ਹਿਰਦਿਆਂ
ਨੂੰ ਧੁਰ ਅੰਦਰ ਤੱਕ ਟੁੰਬ ਜਾਇਆ ਕਰਦਾ ਸੀ। ਫਿਰ ਇੱਕ ਹੋਰ ਗੱਲ ਵੀ ਸੀ, ਉਹਨਾਂ ਦੇ ਵਿਰੋਧੀ ਵੀ
ਉਹਨਾਂ ਦਾ ਭਾਸ਼ਨ ਪੂਰਾ ਸੁਣਨ ਲਈ ਮਜਬੂਰ ਹੋ ਜਾਇਆ ਕਰਦੇ ਸਨ। ਅੱਗੇ ਹੋਰ ਵੀ ਖੁਲਾਸਾ ਕਰਦਿਆਂ ਸੰਤ
ਜੀ ਨੇ ਫੁਰਮਾਇਆ, “ਬਾਕੀ ਰਹੀ ਗੱਲ ਕੁਰਸੀ ਨੂੰ ਸੇਕ ਦੇਣ ਦੀ; ਉਹ ਕਿੱਕਰ ਸਿੰਘ ਸ. ਧੰਨਾ ਸਿੰਘ
ਗੁਲਸ਼ਨ ਨਾਲ਼ੋਂ ਵਧ ਦੇ ਲਊ।”
ਸ. ਕਿੱਕਰ ਸਿੰਘ ਜੀ, ਦੋ ਸਿਟਿੰਗ ਮੈਬਰਾਂ, ਕਾਂਗਰਸ ਦੇ ਪ੍ਰੋਫ਼ੈਸਰ ਦਲਜੀਤ
ਸਿੰਘ ਤੇ ਮਾਸਟਰ ਅਕਾਲੀ ਦਲ ਦੇ ਸ. ਧੰਨਾ ਸਿੰਘ ਗੁਲਸ਼ਨ, ਨੂੰ ਸੱਬਰਕੱਤੀਆਂ ਵੋਟਾਂ ਨਾਲ਼ ਹਰਾ ਕੇ ਤੇ
ਸੀਟ ਜਿੱਤ ਕੇ, ਭਾਰਤ ਦੀ ਪਾਰਲੀਮੈਟ ਵਿੱਚ ਪਹੁੰਚ ਗਏ। ਪਹਿਲੇ ਦਿਨ ਦੀਆਂ ਰੌਣਕਾਂ ਵਿੱਚ ਨਵੇ
ਜਿੱਤੇ ਤੇ ਵਾਹਵਾ ਸਾਰੇ ਹਾਰੇ ਹੋਏ ਐਮ. ਪੀ. ਵੀ ਇਕੱਠੇ ਹੋਏ ਹੋਏ ਸਨ। ਇਸ ਗਹਿਮਾ ਗਹਿਮੀ ਵਿੱਚ
ਰਾਜ ਸਭਾ ਦੇ ਸੋਸ਼ਲਿਸਟ ਮੈਬਰ, ਸ਼੍ਰੀ ਰਾਜ ਨਾਰਾਇਣ ਦੀ ਨਿਗਾਹ, ਇਕੱਠੇ ਤੁਰੇ ਆਉਂਦੇ, ਸ. ਕਿੱਕਰ
ਸਿੰਘ ਤੇ ਸ. ਧੰਨਾ ਸਿੰਘ ਗੁਲਸ਼ਨ ਤੇ ਜਾ ਪਈ। ਆਪਣੇ ਮਖੌਲੀਆ ਅੰਦਾਜ਼ ਵਿੱਚ ਰਾਜ ਨਾਰਇਣ ਜੀ ਬੋਲ
ਉਠੇ, “ਵਾਹ, ਸਿੱਖੋਂ ਕੀ ਬ੍ਹੀ ਕਿਆ ਬਾਤ ਹੈ! ਯਿਹ ਗੁਲਸ਼ਨ ਉਖਾੜ ਕਰ ਕੀਕਰ ਉਗਾਤੇ ਹੈਂ!” ਠਹਾਕਾ
ਪਿਆ ਉਹਨਾਂ ਹਾਜਰਾਂ ਵੱਲੋਂ ਜਿਨ੍ਹਾਂ ਨੂੰ ਇਸ ਗੁਝੀ ਟਿੱਚਰ ਦੀ ਸਮਝ ਆ ਗਈ।
ਪ੍ਰਿੰਸੀਪਲ ਖੜਕ ਸਿੰਘ ਦੀ ਪੂਰੀ ਕਵਿਤਾ ਇਉਂ ਹੈ:
ਗੜਬੜ ਸਿੰਘ ਨੂੰ ਸਾਡਾ ਉਪਦੇਸ਼
੧
ਜੇ ਕੁੱਝ ਖੱਟਣੈ ਤਾਂ ਪੰਥ ਦਾ ਪੱਲਾ ਫੜ ਸਿੰਘਾ। ਪੂਜਾ ਦੇ ਧਾਨ ਨਾਲ਼ ਇਲੈਕਸ਼ਨ ਲੜ ਸਿੰਘਾ।
ਲੈ ਇੱਕ ਓਟ ਗੁਰੂ ਘਰ ਦੀ ਜੇ ਦੋਸ਼ੀ ਏਂ, ਅੱਜ ਗੁਰਦੁਆਰੇ ਜੁਰਮਾਂ ਦੇ ਨੇ ਗੜ੍ਹ ਸਿੰਘਾ।
ਵਿਕਣ ਜਮੀਰਾਂ ਥਾਂ ਥਾਂ ਜੇ ਪੈਸਾ ਏ ਕੋਲ਼, ਰਾਜ ਸਭਾ ਵਿੱਚ ਪਿਛਲੇ ਬੂਹਿਉਂ ਵੜ ਸਿੰਘਾ।
ਰੱਬ ਰੁੱਸਦੈ ਤਾਂ ਰੁੱਸੇ, ਖੁੱਸੇ ਨਾ ਰਾਜ, ਵਿਉਂਤ ਅਜਿਹੇ ਢੰਗ ਦੀ ਕੋਈ ਘੜ ਸਿੰਘਾ।
ਪੰਥ ਦਾ ਲੀਡਰ ਜੇਕਰ ਬਣਨਾ ਲੋਚੇਂ ਤੂੰ, ਕਿਸੇ ਨਿਕੰਮੀ ਗੱਲ ਨੂੰ ਫੜ ਕੇ ਅੜ ਸਿੰਘਾ।
ਨਿਕਲ਼ ਗਿਆ ਪੰਜਾਬੀ ਸੂਬਾ ਤੈਥੋਂ ਦੂਰ, ਹੁਣ ਹਰਿਆਣੇ ਬਹਿ ਕੇ ਹਿੰਦੀ ਪੜ੍ਹ ਸਿੰਘਾ।
ਅਗਨਕੁੰਡ ਦੇ ਲਾਗੇ ਬਹਿ ਕੇ ਮਾਲ਼ਾ ਫੇਰ, ਜਾਪੇ ਜਿਉਂ ਤੈਂ ਸਚੀਂ ਜਾਣੈ ਸੜ ਸਿੰਘਾ।
ਸ਼ਾਮੀਂ ਪੀ ਕੇ ਨਾਲ਼ ਭਰਾਵਾਂ ਦੱਬ ਕੇ ਲੜ, ਤੜਕੇ ਉਠਣ ਸਾਰ ਸੁਖਮਨੀ ਪੜ੍ਹ ਸਿੰਘਾ।
ਮੁਖ ਰੱਖਕੇ ਗਉਂ ਆਪਣੀ, ਰੱਜਵੇਂ ਪਾਪ ਕਮਾ, ਦੋਸ਼ ਐਪਰ ਕਲਯੁਗ ਦੇ ਮੱਥੇ ਮੜ੍ਹ ਸਿੰਘਾ।
ਹੱਕ ਦੇ ਨਾਂ ਤੇ ਖੌਰੂ ਪਾ ਪਾ ਧਰਤੀ ਪੁੱਟ, ਹੋਰ ਕਿਤੇ ਲੱਗ ਜਾਏ ਧਰਮ ਦੀ ਜੜ੍ਹ ਸਿੰਘਾ।
ਥਾਂ ਥਾਂ ਇੱਕ ਦਿਨ ਪੰਥ ਖ਼ਾਲਸਾ ਗੱਜੂਗਾ, ਕੱਟ ਜਮਾਨਾ ਔਖ ਦਾ ਵੱਟ ਕੇ ਦੜ ਸਿੰਘਾ।
ਸੇਵ ਕਮਾ ਇਉਂ ਕੌਮ ਦੀ, ਜਿਧਰ ਪੁੱਟੇਂ ਪੈਰ, ਚੰਨ ਨਵਾਂ ਓਧਰ ਹੀ ਜਾਵੇ ਚੜ੍ਹ ਸਿੰਘਾ।
ਵੇਹਲੜ ਸ਼ੇਰਾ ਓ ਮੱਖੀਆਂ ਹੀ ਮਾਰੀ ਚੱਲ, ਯੋਧਾ ਏਂ ਤਾਂ ਮੱਖੀਆਂ ਨਾਲ਼ ਹੀ ਲੜ ਸਿੰਘਾ।
ਤਾਂਘ ਹੈ ਮੱਲਾ ਜੇ ਮਨਜ਼ਲ ਤੇ ਅਪੜਨ ਦੀ, ਕਿਸੇ ਸੂਰਮਾ ਸਿੰਘ ਦੀ ਉਂਗਲ਼ੀ ਫੜ ਸਿੰਘਾ।
ਜਦ ਅਨਪੜ੍ਹ ਸੈਂ, ਦੀਨ ਹੇਤ ਕਿੰਜ ਲੜਦਾ ਸੈਂ, ਪੜ੍ਹ ਕੇ ਅੱਖਰ ਚਾਰ ਕਿਉਂ ਗਿਉਂ ਹੜ੍ਹ ਸਿੰਘਾ।
ਇਕੋ ਧਿਰ ਦਾ ਹੱਥ ਠੋਕਾ ਬਣਨਾ ਕੀ ਆਖ, ਜੀਂਦਾ ਏਂ ਤਾਂ ਇਕੋ ਥਾਂ ਨਾ ਖੜ੍ਹ ਸਿੰਘਾ।